Punjab

ਚੰਨੀ ਵਲੋਂ ਇਕ ਤੀਰ ਨਾਲ ਦੋ ਨਿਸ਼ਾਨੇ : ਸੂਬੇ ਦੇ ਸਰਬਪੱਖੀ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸਕਦਾ : ਮੁੱਖ ਮੰਤਰੀ

ਸਾਰਿਆਂ ਲਈ ਬਰਾਬਰੀ ਦੇ ਮੌਕਿਆਂ ਦੇ ਸਿਧਾਂਤ ਉਤੇ ਅਧਾਰਿਤ ਹੈ ਸਾਡਾ ਮਾਡਲ
ਕੇਜਰੀਵਾਲ ਦਾ ਮਾਡਲ ਝੂਠ ਦਾ ਪੁਲੰਦਾ
ਮਹਾਰਾਜਾ ਅਗਰਸੈਨ ਦਾ ਬੁੱਤ ਲੋਕਾਂ ਨੂੰ ਸਮਰਪਿਤ
ਮੋਗਾ, 25 ਨਵੰਬਰ  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਕ ਤੀਰ ਨਾਲ ਦੋ ਨਿਸ਼ਾਨੇ ਲਗਾ ਦਿੱਤੇ ਹਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਮਾਡਲ ਦੀ ਗੱਲ ਕਰਦੇ ਹਨ ਅਤੇ ਕਹਿੰਦੇ ਹਨ ਕਿ ਪੰਜਾਬ ਮਾਡਲ ਨਾਲ ਪੰਜਾਬ ਦੀ ਦਸ਼ਾ ਤੇ ਦਿਸ਼ਾ ਬਦਲੇਗੀ ।  ਓਥੇ  ਮੁੱਖ ਮੰਤਰੀ  ਦਿੱਲੀ ਮਾਡਲ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ ਚੰਨੀ ਮਾਡਲ ਇਸ ਦਾ ਪ੍ਰਤੱਖ ਪ੍ਰਮਾਣ ਹੈ ਜਿੱਥੇ ਸਾਰਿਆਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ ।
ਇੱਥੇ ਪੁਰਾਣੀ ਦਾਣਾ ਮੰਡੀ ਵਿਖੇ ਮਹਾਰਾਜਾ ਅਗਰਸੈਨ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਹ ਮਾਡਲ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੀ ਦਿਸ਼ਾ ਮੁਤਾਬਕ ਹੈ ਜਿਨ੍ਹਾਂ ਨੇ ਸਾਨੂੰ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਇਹ ਮਾਡਲ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਉਦੋਂ ਤੱਕ ਲਾਗੂ ਰਹੇਗਾ, ਜਦੋਂ ਤੱਕ ਉਹ ਸੂਬੇ ਦੇ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਦੇ ਰਹਿਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਮਾਡਲ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਉਤੇ ਅਧਾਰਿਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਨੂੰ ਸੂਬੇ ਦੇ ਵਸੀਲੇ ਲੁੱਟਣ ਦੀ ਇਜਾਜ਼ਤ ਨਹੀਂ ਦਿੰਦਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਚੰਨੀ ਮਾਡਲ ਸੂਬੇ ਵਿਚ ਵਸੀਲਿਆਂ ਅਤੇ ਮੌਕਿਆਂ ਪ੍ਰਤੀ ਹਰੇਕ ਦੀ ਪਹੁੰਚ ਹੋਣ ਉਤੇ ਅਧਾਰਿਤ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਇਸ ਮਾਡਲ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੀ ਸ਼ਾਨ ਬਹਾਲ ਕੀਤੀ ਜਾ ਸਕੇ।
ਆਪ ਦੇ ਮੁਖੀ ਉਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਝੂਠ ਦਾ ਪੁਲੰਦਾ ਹੋਣ ਤੋਂ ਵੱਧ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਭਲੇ ਲਈ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ ਜਦਕਿ ਕੇਜਰੀਵਾਲ ਤੇ ਉਸ ਦੀ ਜੁੰਡਲੀ ਲੋਕਾਂ ਨਾਲ ਮਹਿਜ਼ ਵਾਅਦੇ ਹੀ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਕਦੇ ਵੀ ਨਕਲੀ ਕੇਜਰੀਵਾਲ ਨਹੀਂ ਹੋ ਸਕਦਾ ਕਿਉਂਕਿ ਮੈਂ ਉਸ ਵਾਂਗ ਕਪਟੀ ਅਤੇ ਮੱਕਾਰ ਨਹੀਂ ਹੋ ਸਕਦਾ।
ਸੂਬੇ ਦੀ ਵਿੱਤੀ ਸਥਿਤੀ ਉਤੇ ਸੁਆਲ ਚੁੱਕਣ ਵਾਲਿਆਂ ਉਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫੰਡ ਲੋਕਾਂ ਦੇ ਹਨ ਅਤੇ ਉਨ੍ਹਾਂ ਦੀ ਸਰਕਾਰ ਇਸ ਨੂੰ ਲੋਕਾਂ ਹੀ ਖਰਚੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰਕਾਰ ਦੇ ਕੰਮਕਾਜ ਦੀਆਂ ਚੋਰ-ਮੋਰੀਆਂ ਬੰਦ ਕਰ ਰਹੇ ਹਨ ਅਤੇ ਦਲਾਲਾਂ ਵੱਲੋਂ ਹੜੱਪੇ ਜਾ ਰਹੇ ਪੈਸੇ ਨੂੰ ਆਮ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਹੱਲਾਸ਼ੇਰੀ ਹੇਠ ਕੇਬਲ ਆਪਰੇਟਰਾਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਖੁੱਲ੍ਹੀ ਲੁੱਟ ਹਰ ਹੀਲੇ ਰੋਕੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਰ ਅਦਾ ਕਰਨ ਵਾਲਿਆਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੇਬਲ ਆਪਰੇਟਰਾਂ ਵੱਲੋਂ ਵਸੂਲ ਕੀਤੀਆਂ ਜਾਣ ਵਾਲੀਆਂ ਭਾਰੀ ਕੀਮਤਾਂ ਹਰ ਹੀਲੇ ਰੱਦ ਹੋਣਗੀਆਂ।
ਅਗਰਵਾਲ ਸਮਾਜ ਨਾਲ ਆਪਣੀ ਪੁਰਾਣੀ ਸਾਂਝ ਯਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਚਪਨ ਦਾ ਦੋਸਤ ਵੀ ਇਸੇ ਭਾਈਚਾਰੇ ਨਾਲ ਸਬੰਧ ਰੱਖਦਾ ਹੈ। ਉਨ੍ਹਾਂ ਅਗਰਵਾਲ ਭਾਈਚਾਰੇ ਨੂੰ ਦੇਸ਼ ਦਾ ਸਭ ਤੋਂ ਵੱਧ ਦੇਸ਼ਭਗਤ ਭਾਈਚਾਰਾ ਕਰਾਰ ਦਿੰਦੇ ਹੋਏ ਇਸ ਵੱਲੋਂ ਦੇਸ਼ ਅਤੇ ਸੂਬੇ ਦੀ ਸਾਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵੈਟ ਦੇ ਕੁੱਲ 48000 ਮਾਮਲਿਆਂ ਵਿਚੋਂ 40000 ਬਕਾਇਆ ਮਾਮਲੇ ਪਹਿਲਾਂ ਹੀ ਵਾਪਸ ਲਏ ਜਾ ਚੁੱਕੇ ਹਨ ਜੋ ਕਿ ਵਿੱਤੀ ਵਰ੍ਹਿਆਂ 2014-15, 2015-16 ਅਤੇ 2016-17 ਦੌਰਾਨ ਸੂਬਾ ਭਰ ਵਿੱਚ ਵਪਾਰੀਆਂ ਅਤੇ ਉਦਯੋਗਪਤੀਆਂ ਖਿਲਾਫ ਦਰਜ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਹੀ ਵਪਾਰੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਕਈ ਹੋਰ ਕਦਮ ਵੀ ਚੁੱਕੇ ਗਏ ਹਨ। ਉਨ੍ਹਾਂ ਇਸ ਮੌਕੇ ਸੂਬੇ ਵਿੱਚ ਵਪਾਰ ਕਲਿਆਣ ਬੋਰਡ ਦੀ ਸਥਾਪਨਾ ਕੀਤੇ ਜਾਣ ਦਾ ਵੀ ਐਲਾਨ ਕੀਤਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੁਰਾਣੀ ਅਨਾਜ ਮੰਡੀ ਵਿਚਲੇ ਚੌਕ ਦਾ ਨਾਂ ਮਹਾਰਾਜਾ ਅਗਰਸੈਨ ਦੇ ਨਾਂ ‘ਤੇ ਰੱਖੇ ਜਾਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਮਹਾਰਾਜਾ ਅਗਰਸੈਨ ਦੇ ਨਾਂ ‘ਤੇ ਪਹਿਲਾਂ ਤੋਂ ਹੀ ਮੌਜੂਦ ਚੇਅਰ ਨੂੰ 2 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਦਾ ਅਹੁਦਾ ਚਰਨਜੀਤ ਸਿੰਘ ਚੰਨੀ ਨੇ ਸੰਭਾਲਿਆ ਹੈ ਉਦੋਂ ਤੋਂ ਹੀ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਦਾ ਅੱਜ ਇੱਥੇ ਮਹਾਰਾਜਾ ਅਗਰਸੈਨ ਜੀ ਦੇ ਬੁੱਤ ਉਤੋਂ ਪਰਦਾ ਚੁੱਕਣ ਲਈ ਆਪਣੇ ਕੀਮਤੀ ਰੁਝੇਵਿਆਂ ਵਿਚੋਂ ਸਮਾਂ ਕੱਢਣ ਲਈ ਧੰਨਵਾਦ ਕੀਤਾ ਅਤੇ ਲੋਕਾਂ ਦੀ ਭਲਾਈ ਹਿੱਤ ਚੁੱਕੇ ਜਾ ਰਹੇ ਕਦਮਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਵੀ ਕੀਤੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੋਟਕਪੂਰਾ ਬਾਈਪਾਸ ‘ਤੇ ਮਹਾਨ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਨੂੰ ਵੀ ਜਨਤਾ ਨੂੰ ਸਮਰਪਿਤ ਕੀਤਾ।
ਇਸ ਮੌਕੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਡਾ. ਹਰਜੋਤ ਕਮਲ ਅਤੇ ਸੁਖਜੀਤ ਸਿੰਘ ਲੋਹਗੜ੍ਹ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!