ਮੁੱਖ ਮੰਤਰੀ ਵੱਲੋਂ ਸੂਬੇ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ
ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਟਰਾਂਸਪੋਰਟ ਸਹੂਲਤ ਸ਼ੁਰੂ ਹੋਵੇਗੀ
ਵਿਸ਼ਵ ਪੱਧਰ ‘ਤੇ ਮੁਕਾਬਲਾ ਦੇਣ ਲਈ ਡਿਜੀਟਲ ਸਿੱਖਿਆ ਦੀ ਲੋੜ ਉਤੇ ਜ਼ੋਰ
ਅਧਿਆਪਨ ਦੇ ਨਵੇਂ ਹੁਨਰ ਸਿਖਾਉਣ ਲਈ ਅਧਿਆਪਕਾਂ ਨੂੰ ਆਕਸਫੋਰਡ, ਹਾਰਵਰਡ ਅਤੇ ਹੋਰ ਪ੍ਰਸਿੱਧ ਯੂਨੀਵਰਸਿਟੀਆਂ ਵਿੱਚ ਭੇਜਾਂਗੇ-ਮੁੱਖ ਮੰਤਰੀ
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਨਿਵੇਕਲੀਆਂ ਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ), 5 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਜ਼ਮਾਂ ਦੇ ਹਿੱਤ ਵਿਚ ਵੱਡਾ ਫੈਸਲੇ ਲੈਂਦੇ ਹੋਏ ਸੂਬਾ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਸਰਕਾਰ ਨੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਇਸ ਪਾਵਨ ਧਰਤੀ ਅਤੇ ਇਸ ਪਵਿੱਤਰ ਦਿਹਾੜੇ ‘ਤੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ 5442 ਐਜੂਕੇਸ਼ਨ ਸਰਵਿਸ ਪ੍ਰੋਵਾਈਡਰ, 1130 ਇਨਕਲੂਸਿਵ ਐਜੂਕੇਸ਼ਨ ਟੀਚਰਜ਼ ਅਤੇ ਹੋਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਆਵਾਜਾਈ ਦੀਆਂ ਸਹੂਲਤਾਂ ਦੀ ਘਾਟ ਕਾਰਨ ਵਿਦਿਆਰਥਣਾਂ ਵਿੱਚ ਸਕੂਲ ਛੱਡਣ ਦੀ ਦਰ ਨੂੰ ਰੋਕਣ ਲਈ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਸਰਕਾਰੀ ਸਕੂਲਾਂ ਵਿਚ ਜਾਣ ਵਾਲੀਆਂ ਵਿਦਿਆਰਥਣਾਂ ਲਈ ਸ਼ਟਲ ਬੱਸ ਸੇਵਾ (ਸਥਾਨਕ ਬੱਸ ਸੇਵਾ) ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਉਸ ਦੀਆਂ ਬੁਨਿਆਦੀ ਲੋੜਾਂ ਜਿਵੇਂ ਕਿ ਆਵਾਜਾਈ, ਖੁਰਾਕ, ਬੁਨਿਆਦੀ ਢਾਂਚਾ ਆਦਿ ਦਾ ਧਿਆਨ ਰੱਖਣਾ ਸਰਕਾਰ ਦਾ ਮੁੱਢਲਾ ਫਰਜ਼ ਬਣਦਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਵਾਜਾਈ ਦੀ ਸਹੂਲਤ ਦੀ ਅਣਹੋਂਦ ਵਿੱਚ ਲੜਕੀਆਂ ਵਿੱਚ ਸਕੂਲ ਛੱਡਣ ਦੀ ਦਰ ਬਹੁਤ ਜ਼ਿਆਦਾ ਹੈ, ਇਸ ਲਈ ਅਸੀਂ ਇਸ ਵਰਤਾਰੇ ਨੂੰ ਰੋਕਣ ਲਈ ਸੂਬੇ ਦੀ ਹਰੇਕ ਬੱਚੀ ਨੂੰ ਇਹ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ।
ਅਧਿਆਪਕਾਂ ਤੋਂ ਸਿਰਫ ਅਧਿਆਪਨ ਦੀ ਡਿਊਟੀ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਕਿਸੇ ਗੈਰ-ਅਧਿਆਪਨ ਕਾਰਜ ਲਈ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਨੇ ਡਿਜੀਟਲ ਸਿੱਖਿਆ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਸ ਦਾ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨਾ ਜ਼ਰੂਰੀ ਹੈ, ਜਿਸ ਕਾਰਨ ਦਿੱਲੀ ਸਰਕਾਰ ਦੀ ਤਰਜ਼ ‘ਤੇ ਨਵੇਂ ਅਧਿਆਪਨ ਹੁਨਰ ਹਾਸਲ ਕਰਨ ਲਈ ਆਕਸਫੋਰਡ, ਹਾਰਵਰਡ ਅਤੇ ਹੋਰ ਨਾਮਵਰ ਯੂਨੀਵਰਸਿਟੀਆਂ ਵਿੱਚ ਅਧਿਆਪਕਾਂ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ, “ਅਧਿਆਪਕ ਦਾ ਪੁੱਤਰ ਹੋਣ ਕਰਕੇ ਉਹ ਅਧਿਆਪਕਾਂ ਦੀਆਂ ਬੁਨਿਆਦੀ ਲੋੜਾਂ, ਸਮੱਸਿਆਵਾਂ ਤੇ ਹਾਲਤਾਂ ਤੋਂ ਭਲੀ ਭਾਂਤ- ਵਾਕਫ਼ ਹਨ।”
ਮੁੱਖ ਮੰਤਰੀ ਨੇ ਆਪਣੇ ਅਧਿਆਪਕਾਂ ਬਾਰੇ ਤਜਰਬੇ ਵੀ ਸਾਂਝੇ ਕਰਦੇ ਹੋਏ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਅਧਿਆਪਕਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਪਣਾਈਆਂ ਗਈਆਂ ਨੀਤੀਆਂ ਨੇ ਬੇਲੋੜੇ ਅੜਿੱਕੇ ਪੈਦਾ ਕੀਤੇ ਸਨ ਪਰ ਹੁਣ ਸਿੱਖਿਆ ਅਤੇ ਸਿਹਤ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਸਰਕਾਰ ਦਾ ਇਨ੍ਹਾਂ ਖੇਤਰਾਂ ਨਾਲ ਸਿੱਧਾ ਸਰੋਕਾਰ ਹੈ। ਭਗਵੰਤ ਮਾਨ ਨੇ ਅੱਗੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਨੂੰ ਈਕੋ-ਟੂਰਿਜ਼ਮ ਸਥਾਨਾਂ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨੇ 100 ਸਕੂਲ ਆਫ਼ ਐਮੀਨੈਂਸ (ਆਹਲਾ ਦਰਜੇ ਦੇ ਸਕੂਲ) ਵਿਕਸਤ ਕਰਨ ਦਾ ਦ੍ਰਿੜ ਸੰਕਲਪ ਲਿਆ ਹੈ ਅਤੇ ਇਸ ਐਲਾਨ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵਿਭਾਗ ਜੰਗੀ ਪੱਧਰ ‘ਤੇ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਹਰੀ ਅਤੇ ਚਿੱਟੀ ਕ੍ਰਾਂਤੀ ਦੀ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਪੰਜਾਬ ਹੁਣ ਸਿੱਖਿਆ ਕ੍ਰਾਂਤੀ ਦਾ ਧੁਰਾ ਬਣੇਗਾ।
ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲੀ ਸਿੱਖਿਆ ਦੇ ਬਜਟ ਵਿੱਚ 17 ਫੀਸਦੀ ਦੀ ਦਰ ਨਾਲ ਵਾਧਾ ਕਰਕੇ 15758 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਕਨੀਕੀ ਸਿੱਖਿਆ ਬਜਟ ਅਤੇ ਮੈਡੀਕਲ ਸਿੱਖਿਆ ਦੇ ਬਜਟ ਵਿੱਚ ਕ੍ਰਮਵਾਰ 47 ਫੀਸਦੀ ਅਤੇ 57 ਫੀਸਦੀ ਦਾ ਵਾਧਾ ਕੀਤਾ ਗਿਆ ਹੈ।
ਇਸ ਦੌਰਾਨ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਆਪਣੇ ਵਿਦਿਆਰਥੀ ਜੀਵਨ ਬਾਰੇ ਤਜਰਬੇ ਸਾਂਝੇ ਕੀਤੇ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ 65 ਅਧਿਆਪਕਾਂ ਅਤੇ 9 ਪ੍ਰਸ਼ਾਸਕਾਂ ਨੂੰ ਸ਼ਾਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਹਰਜੋਤ ਬੈਂਸ, ਮੈਂਬਰ ਪਾਰਲੀਮੈਂਟ ਰਾਘਵ ਚੱਢਾ ਅਤੇ ਹਰਭਜਨ ਸਿੰਘ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਅਤੇ ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ ਹਾਜ਼ਰ ਸਨ।