Punjab
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ‘ਤੇ ਜ਼ਬਰ ਕਰਨਾ ਬੰਦ ਕਰੇ : ਕਿਸਾਨ ਆਗੂ ਬੁਰਜ਼ਗਿੱਲ
ਕਿਸਾਨ-ਜਥੇਬੰਦੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ
ਚੰਡੀਗੜ੍ਹ : ਮਾਨਸਾ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਸ਼ਣ ਦੌਰਾਨ ਰੁਜ਼ਗਾਰ ਦੀ ਹੱਕੀ ਮੰਗ ਲਈ ਰੋਸ-ਪ੍ਰਦਰਸ਼ਨ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ-ਈਟੀਟੀ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਪੰਜਾਬ ਭਰ ‘ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਲਾਠੀਚਾਰਜ ਕਰਕੇ ਵੀ ਸੰਘਰਸ਼ ਨਹੀਂ ਦਬਾਇਆ ਜਾ ਸਕੇਗਾ। ਵਿਧਾਨ ਸਭਾ-2017 ਵੇਲੇ ‘ਘਰ-ਘਰ ਨੌਕਰੀ’ ਦਾ ਵਾਅਦਾ ਕਰਕੇ ਸੱਤਾ ‘ਚ ਆਈ ਕਾਂਗਰਸ ਪਾਰਟੀ ਵਾਅਦੇ ਕਰਨ ਤੋਂ ਭੱਜ ਰਹੀ ਹੈ, ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਚਰਨਜੀਤ ਸਿੰਘ ਚੰਨੀ ਦਾ ਵਤੀਰਾ ਨਿੰਦਣਯੋਗ ਹੈ ਅਤੇ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜ਼ਬਰ ਰਾਹੀਂ ਦਬਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਕੱਚੇ-ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਨਵੀਂਆਂ ਭਰਤੀਆਂ ਕਰਨ ਤੋਂ ਟਾਲਾ ਵੱਟਦਿਆਂ ਇੱਕ ਪਾਸੇ ਖਾਲੀ ਖਜ਼ਾਨੇ ਦੀ ਦੁਹਾਈ ਪਾ ਰਹੀ ਹੈ, ਦੂਜੇ ਪਾਸੇ ਹਾਕਮ ਆਪਣੇ ਵਿਧਾਇਕਾਂ, ਮੰਤਰੀਆਂ ਦੀਆਂ ਸਹੂਲਤਾਂ ਲਈ ਖਜ਼ਾਨੇ ਨੱਕੋ ਨੱਕ ਭਰੇ ਪਏ ਹਨ। ਪੰਜਾਬ ਸਰਕਾਰ ਦਾ ਸੰਘਰਸ਼ਸ਼ੀਲ ਨੌਜਵਾਨਾਂ ‘ਤੇ ਲਾਠੀਚਾਰਜ ਕਰਨਾ ਨਾਦਰਸ਼ਾਹੀ ਫੁਰਮਾਨ ਕੋਈ ਪਹਿਲਾ ਨਹੀਂ ਹੈ, ਸੰਘਰਸ਼ਸ਼ੀਲ ਲੋਕਾਂ ਨੇ ਸਰਕਾਰਾਂ ਨੂੰ ਆਪਣੇ ਲੋਕ ਵਿਰੋਧੀ ਫੈਸਲਿਆਂ ਨੂੰ ਇੱਕ ਵਾਰ ਨਹੀਂ ਅਨੇਕਾਂ ਵਾਰ ਥੁੱਕ ਕੇ ਚੱਟਣ ਲਈ ਮਜ਼ਬੂਰ ਕੀਤਾ ਹੈ। ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ‘ਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੱਕ ਮੰਗਦੇ ਲੋਕਾਂ ਦੇ ਸੰਘਰਸ਼ਾਂ ਦੇ ਸੰਘਰਸ਼ਾਂ ਨੂੰ ਜਾਬਰ ਹੱਥਕੰਡਿਆਂ ਰਾਹੀਂ ਰੋਕਣਾ ਮਹਿੰਗਾ ਪੈਂਦਾ ਰਿਹਾ ਹੈ। ਹੁਣ ਵੀ ਸੰਘਰਸ਼ ਕਰਦੇ ਲੋਕ ਰੁਕਣਗੇ ਨਹੀਂ, ਸਗੋਂ ਹਕੂਮਤੀ ਜਬਰ ਸੰਘਰਸ਼ਸ਼ੀਲ ਕਾਫਲਿਆਂ ਦੀ ਖੁਰਾਕ ਬਣੇਗਾ ਅਤੇ ਸੰਘਰਸ਼ ਪਹਿਲਾਂ ਦੇ ਕਿਸੇ ਵੀ ਸਮੇਂ ਨਾਲੋਂ ਵੱਧ ਤਿੱਖਾ ਅਤੇ ਵਿਸ਼ਾਲ ਹੋਵੇਗਾ।