ਮੰਡੀ ਬੋਰਡ ਦੇ ਸਕੱਤਰ ਵੱਲੋਂ ਮੁਹਾਲੀ ਅਤੇ ਰੂਪਨਗਰ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ
ਮੰਡੀ ਬੋਰਡ ਦੇ ਸਕੱਤਰ ਵੱਲੋਂ ਮੁਹਾਲੀ ਅਤੇ ਰੂਪਨਗਰ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ
· ਖਰੜ, ਕੁਰਾਲੀ, ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ
· ਮੰਡੀਆਂ ਵਿਚ ਫਸਲ ਲਿਆਉਣ ਲਈ ਹੁਣ ਤੱਕ ਕਿਸਾਨਾਂ ਨੂੰ 5.74 ਲੱਖ ਪਾਸ ਜਾਰੀ
· ਆੜ੍ਹਤੀਆਂ ਨੂੰ ਬਾਰਦਾਨੇ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ
ਚੰਡੀਗੜ੍ਹ, 16 ਅਕਤੂਬਰ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਦੇ ਸਕੱਤਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਰਵੀ ਭਗਤ ਨੇ ਅੱਜ ਮੁਹਾਲੀ ਅਤੇ ਰੂਪਨਗਰ ਜਿਲਿਆਂ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਪਾਸੋਂ ਖਰੀਦ ਸਬੰਧੀ ਗੱਲਬਾਤ ਕੀਤੀ।
ਭਗਤ ਨੇ ਅੱਜ ਖਰੜ, ਕੁਰਾਲੀ, ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ ‘ਤੇ ਤਸੱਲੀ ਜ਼ਾਹਰ ਕੀਤੀ। ਉਹਨਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹਨਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਮੰਡੀ ਬੋਰਡ ਦੇ ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਕਰਕੇ ਸੂਬੇ ਵਿੱਚ ਲਗਪਗ 4000 ਮੰਡੀਆਂ ਬਣਾਈਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਕਣਕ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੁਣ ਤੱਕ 5.74 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਸਕੱਤਰ ਨੇ ਦੱਸਿਆ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਦੀ ਖਰੀਦ ਦਾ ਟੀਚਾ ਹੈ।
ਕਰੋਨਾਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ ਵਿੱਚ ਮਾਸਕ, ਸੈਨੀਟਾਈਜ਼ਰ ਤੋਂ ਇਲਾਵਾ ਹੱਥ ਧੋਣ ਲਈ ਢੁਕਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਪ੍ਰੋਟੋਕੋਲ ਖਾਸ ਤੌਰ ‘ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ।
ਸ੍ਰੀ ਭਗਤ ਨੇ ਆੜ੍ਹਤੀਆਂ ਨੂੰ ਬਾਰਦਾਨੇ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਕਿਸਾਨਾਂ ਦੇ ਮਨਾਂ ਵਿਚ ਗਲਤ ਧਾਰਨਾਵਾਂ ਪੈਦਾ ਹੁੰਦੀਆਂ ਹਨ।
ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਕਣਕ ਦੇ ਖਰੀਦ ਕਾਰਜ 30 ਮਈ ਤੱਕ ਜਾਰੀ ਰਹਿਣਗੇ ਤਾਂ ਕਿ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਆਪਣੀ ਉਪਜ ਮੰਡੀਆਂ ਵਿੱਚ ਲਿਆ ਸਕਣ।
ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ।