Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਮੁਫਤ ਬਿਜਲੀ ਸਹੂਲਤ ਦੇਣ ਤੋਂ ਭੱਜੇ : ਸੁਖਬੀਰ ਬਾਦਲ

ਕਿਹਾ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਜਾਣ ਬੁੱਝ ਕੇ ਨਹੀਂ ਦਿੱਤੀ ਜਾ ਰਹੀ ਤਾਂ ਜੋ ਸੂਬੇ ਦਾ ਸਬਸਿਡੀ ਬਿੱਲ ਘੱਟ ਰਹਿ ਜਾਵੇ

ਅਕਾਲੀ ਦਲ ਭਲਕੇ ਝੋਨੇ ਦੀ ਕਾਸ਼ਤ ਵਾਸਤੇ ਵਾਧੂ ਲਾਗਤ ਲਈ 50 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕਰਦਿਆਂ ਸੂਬੇ ਭਰ ਵਿਚ ਰੋਸ ਮੁਜ਼ਾਹਰੇ ਕਰੇਗਾ

ਚੰਡੀਗੜ੍ਹ, 1 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨੂੰ  ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਜਾਰੀ ਰੱਖਣ ਤੋਂ ਭੱਜ ਗਏ ਹਨ ਤੇ ਉਹਨਾਂ ਨੂੰ ਝੋਨੇ ਦੇ ਸੀਜ਼ਨ ਦੇ ਸਿਖ਼ਰ ’ਤੇ ਹੋਣ ਵੇਲੇ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਪ੍ਰਦਾਨ ਨਹੀਂ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਤੋਂ ਇਨਕਾਰ ਕਰ ਕੇ ਕਿਸਾਨਾਂ ਨੁੰ ਧੋਖਾ ਦੇਣ ਤੋਂ ਬਾਅਦ ਮੁੱਖ ਮੰਤਰੀ ਹੁਣ ਪੰਜਾਬ ਵਿਚ ਮੁਫਤ ਬਿਜਲੀ ਬੰਦ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਬਹੁਤ ਜ਼ਰੂਰਤ ਹੁੰਦੀ ਹੈ। ਉਹਨਾਂ ਕਿਹਾ ਕਿ ਬਜਾਏ ਕੀਤੇ ਵਾਅਦੇ ਅਨੁਸਾਰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਰੋਜ਼ਾਨਾ 3 ਤੋਂ 4 ਘੰਟੇ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ ਜਿਸ ਕਾਰਨ ਕਿਸਾਨ ਆਪਣੀ ਝੋਨੇ ਦੀ ਫਸਲ ਬਚਾਉਣ ਲਈ ਰੋਜ਼ਾਨਾ ਸੈਂਕੜੇ ਰੁਪਏ ਦਾ ਡੀਜ਼ਲ ਫੂਕਣ ਲਈ ਮਜਬੂਰ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਜਾਣ ਬੁੱਝ  ਕੇ ਕੀਤਾ ਜਾ ਰਿਹਾ ਹੈ ਤਾਂ ਜੋ ਪੀ ਐਸ ਪੀ ਐਸਲ ਨੂੰ ਕਿਸਾਨਾਂ ਨੂੰ ਦਿੱਤੀ ਜਾ ਰਹੀ ਮੁਫਤ ਬਿਜਲੀ ਲਈ ਪੈਸੇ ਦੀ ਅਦਾਇਗੀ ਨਾ ਕਰਨੀ ਪਵੇ ਤੇ ਮਾਮਲਾ ਲਟਕਦਾ ਰਹੇ।
ਬਾਦਲ ਨੇ ਕਿਹਾ ਕਿ ਇਹ ਕਿਸਾਨ ਵਿਰੋਧੀ ਨੀਤੀ  ਕਿਸਾਨ ਅਰਥਚਾਰੇ ਦੀ ਤਬਾਹੀ ਲਿਆਵੇਗੀ। ਉਹਨਾਂ ਕਿਹਾ ਕਿ ਬਿਜਲੀ ਸਪਲਾਈ ਨਾ ਹੋਣ ਕਾਰਨ ਅਨੇਕਾਂ ਕਿਸਾਨ ਆਪਣੇ ਝੋਨੇ ਦੀ ਫਸਲ ਵਾਹੁਣ ਲਈ ਮਜਬੂਰ ਹੋ ਗਏ ਹਨ। ਉਹਨਾਂ ਕਿਹਾ ਕਿ ਬਿਜਲੀ ਨਾ ਹੋਣ ਕਾਰਨ ਹਜ਼ਾਰਾਂ ਕਿਸਾਨਾਂ ਨੇ ਹਾਲੇ ਤੱਕ ਝੋਨਾ ਨਹੀਂ ਲਗਾਇਆ। ਉਹਨਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਵੇਲੇ ਤੋਂ ਮਾਰ ਹੇਠ ਹਨ ਅਤੇ ਆਪਣੇ ਜਨਰੇਟਰ ਚਲਾ ਕੇ ਝੋਨੇ ਦੀ ਫਸਲ ਪਾਲਣ ਲਈ ਮਜਬੂਰ ਹਨ। ਉਹਨਾਂ ਕਿਹਾ ਕਿ  ਕਾਂਗਰਸ ਸਰਕਾਰ ਬਿਜਲੀ ਸਪਲਾਈ ਦੀ ਘਾਟ ਕਾਰਨ ਬਹਾਨੇ ਬਣਾ ਰਹੀ ਹੈ ਤੇ ਜਲਦੀ ਹੀ ਬਿਜਲੀ ਸਪਲਾਈ ਨਿਯਮਿਤ ਕਰਨਦੇ ਦਾਅਵੇ ਕਰ ਰਹੀ ਹੈ। ਉਹਨਾਂ ਕਿਹਾ ਕਿ ਬਜਾਏ ਅਜਿਹਾ ਹੋਣ ਦੇ ਹਾਲਾਤ ਦਿਨ  ਬ ਦਿਨ ਗੰਭੀਰ ਹੁੰਦੇ ਜਾ ਰਹੇ ਹਨ ਅਤੇ ਕਿਸਾਨ ਸੜਕਾਂ ’ਤੇ ਆ ਕੇ ਧਰਨੇ ਦੇਣ ਲਈ ਮਜਬੂਰ ਹਨ।
ਬਾਦਲ ਨੇ ਕਿਹਾ ਕਿ ਇਸ ਵੇਲੇ ਜਰੂਰਤ ਹੈ ਕਿ ਮੁੱਖ ਮੰਤਰੀ ਆਪਣੀ ਗੂੜੀ ਨੀਂਦ ਵਿਚੋਂ ਜਾਗਣ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਤੇ ਕਾਰਕੁੰਨ ਕੱਲ੍ਹ 2 ਜੁਲਾਈ ਨੂੰ ਪਾਵਰਕਾਮ ਦੇ ਦਫਤਰਾਂ ਮੂਹਰੇ ਰੋਸ ਪ੍ਰਦਰਸ਼ਨ ਕਰ ਕੇ ਖੇਤੀਬਾੜੀ ਤੇ ਘਰੇਲੂ ਖੇਤਰ ਲਈ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ ਕਰਨਗੇ। ਉਹਨਾਂ ਕਿਹਾ ਕਿ ਅਸੀਂ ਇਹਵੀ ਮੰਗ ਕਰਦੇ ਹਾਂ ਕਿ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਫਸਲ ਪਾਲਣ ਦੌਰਾਨ ਹੋਏ ਵਾਧੂ ਖਰਚ ਲਈ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਬੋਨਸ ਦੇਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਸਰਕਾਰ ਦੀ ਇਸ ਗੱਲੋਂ ਵੀ ਨਿਖੇਧੀ ਕੀਤੀ ਕਿ ਪੰਜਾਬ ਵਿਚ ਘਰੇਲੂ ਸੈਕਟਰ ਲਈ ਵੱਡੇ ਬਿਜੀ ਕੱਟ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਹੀ ਚੰਗੇ ਤਰੀਕੇ ਨਾਲ ਤਿਆਰ ਕੀਤੇ ਬਿਜਲੀ ਸਮਝੌਤਿਆ ਦੀ ਬਦੌਲਤ ਇਹ ਸੰਕਟ ਟਾਲਿਆ ਜਾ ਸਕਦਾ ਸੀ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਸਰਕਾਰ ਪੀਕ ਲੋਡ ਵੇਲੇ ਬਿਜਲੀ ਸਪਲਾਈ ਕਰਨ ਵਿਚ ਨਾਕਾਮ ਰਹਿਣ ਕਾਰਨ ਇੰਡਸਟਰੀ ਸੈਕਟਰ ਨੁੰ ਵੀ ਸਜ਼ਾ ਦੇ ਰਹੀ ਹੈ। ਉਹਨਾਂ ਕਿਹਾ ਕਿ ਹੁਣ ਇੰਡਸਟਰੀ ਲਈ ਦੋ ਦਿਨ ਦਾ ਲਾਜ਼ਮੀ ਬੰਦ ਰਹਿਣ ਦਾ ਹੁਕਮ ਚਾੜ੍ਹ ਦਿੱਤਾ ਗਿਆ ਹੈ ਜਦਕਿ ਇਹ ਸੈਕਟਰ ਕੋਰੋਨਾ ਮਹਾਮਾਰੀ ਤੋਂ ਹਾਲੇ ਤੱਕ ਉਭਰ ਨਹੀਂ ਸਕਿਆ।
ਬਾਦਲ ਨੇ ਕਿਹਾ ਕਿ ਇਹ ਹੈਰਨੀਵਾਲੀ ਗੱਲ ਹੈ ਕਿ ਸਾਰਾ ਸੂਬਾ ਸੰਕਟ ਵਿਚ ਹੈ ਤੇ ਕੈਪਟਨ ਅਮਰਿੰਦਰ ਸਿੰਘ ’ਤੇ ਇਸ ਗੱਲ ਦਾ ਕੋਈ ਫਰਕ ਨਹੀਂ ਪੈ ਰਿਹਾ ਤੇ ਉਹ ਪਾਰਟੀ ਵਿਚ ਬਗਾਵਤ ਕਰ ਰਹੇ ਆਗੂਆਂ ਨੂੰ ਦਾਅਵਤਾਂ ਦੇ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਦੇ ਕੁਝ ਆਗੂ ਦਿੱਲੀ ਵਿਚ ਹਾਲੇਵੀ ਜੋੜ ਤੋੜ ਵਿਚ ਲੱਗੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਕਿਸਾਨਾਂ ਤੇ ਆਮ ਆਦਮੀ ਪ੍ਰਤੀ ਇਹ ਅਸੰਵੇਦਨਸ਼ੀਲਤਾ ਮਹਿੰਗੀ ਪਵੇਗੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!