Punjab

ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਦੁਖਦਾਈ, ਅਕਾਲੀ ਸਰਕਾਰ ਬਣਨ ’ਤੇ ਮਾਮਲੇ ਵਿਚ ਨਿਆਂ ਮਿਲਣਾ ਯਕੀਨੀ ਬਣਾਇਆ ਜਾਵੇਗਾ : ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਦੁਖਦਾਈ ਤੇ ਇਸ ਮਾਮਲੇ ’ਤੇ ਰਾਜਨੀਤੀ ਕਰਨ ’ਤੇ ਕਾਂਗਰਸ ਦੀ ਕੀਤੀ ਨਿਖੇਧੀ
ਕਾਂਗਰਸ ਸਰਕਾਰ ਵੱਲੋਂ ਕੋਰੋਨਾ ਦੀ ਲੜਾਈ ਲੜਨ ਦੀ ਥਾਂ ਕੁਰਸੀ ਦੀ ਲੜਾਈ ਲੜਨ ਦੀ ਕੀਤੀ ਨਿਖੇਧੀ
25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਕੀਤਾ ਉਦਘਾਟਨ
ਖਰੜ, 2 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਤੋਂ ਬਹੁਤ ਦੁਖ ਤੇ ਤਕਲੀਫ ਮਹਿਸੁਸ ਕਰਦੇ ਹਨ ਤੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ’ਤੇ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਉਹਨਾਂ ਵਾਅਦਾ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਮਾਮਲੇ ਵਿਚ ਨਿਆਂ ਮਿਲਣਾ ਯਕੀਨੀ ਬਣਾਇਆ ਜਾਵੇਗਾ। 
ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਬਣਾਏ 25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਆਏ ਸਨ। ਸ੍ਰੀ ਗਿੱਲ ਨੇ ਦੱਸਿਆ ਕਿ ਇਸ ਏ ਸੀ ਸਹੂਲਤ ਵਿਚ ਕੰਸੈਂਟ੍ਰੇਟਰ  ਲੱਗੇ ਹਨ ਤੇ ਮੈਡੀਕਲ ਸਟਾਫ  ਇਥੇ ਕੋਰੋਨਾ ਮਰੀਜ਼ਾਂ ਦਾ ਮੁਫਤ ਇਲਾਜ ਕਰੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਨਿਆਂ ਪ੍ਰਾਪਤ ਕਰਨ ਵਾਸਤੇ ਕਾਂਗਰਸ ਪਾਰਟੀ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਜਦੋਂ  ਬੇਅਦਬੀ ਦੇ ਮਾਮਲੇ ਹੋਏ ਸਨ ਤਾਂ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ ਪਰ ਕਾਂਗਰਸ ਤੇ ਇਸਦੇ ਕੁਝ ਅਖੌਤੀ ਆਗੂਆਂ ਨੇ ਮੰਗ ਕੀਤੀ ਕਿ ਮਾਮਲਾ  ਸੀ ਬੀ ਆਈ ਹਵਾਲੇ ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿਚ ਆ ਗਈ ਤਾਂ ਇਸਨੇ ਨਾ ਸਿਰਫ ਕੇਸ ਸੀ ਬੀਆਈ ਤੋਂ ਵਾਪਸ ਲੈ ਲਏ ਬਲਕਿ ਚਾਰ ਸਾਲਾਂ ਵਿਚ ਕੋਈ ਪ੍ਰਗਤੀ ਨਹੀਂ ਕੀਤੀ। 
ਕੁਝ ਅਖੌਤੀ ਸੰਗਠਨਾਂ ਵੱਲੋਂ ਬੇਅਦਬੀ ਦੇ ਮਾਮਲੇ ’ਤੇ ਕੀਤੀ ਜਾ ਰਹੀ ਰਾਜਨੀਤੀ ਦੀ ਗੱਲ ਕਰਦਿਆਂ  ਬਾਦਲ ਨੇ ਕਿਹਾ ਕਿ ਉਹ ਬਲਜੀਤ ਸਿੰਘ ਦਾਦੂਵਾਲ ਵਰਗਿਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਹ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਿਵੇਂ ਬਣ ਗਏ। ਉਹਨਾਂ ਕਿਹਾ ਕਿ ਹੁਣ ਵੀ ਦਾਦੂਵਾਲ ਦੇ ਕਹਿਣ ’ਤੇ ਭਾਜਪਾ ਸਰਕਾਰ ਨੇ ਹਰਿਆਣਾ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਹਨ। 
ਪੰਜਾਬ ਦੇ ਹਾਲਾਤਾਂ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਕੋਰੋਨਾ ਦੀ ਲੜਾਈ ਲੜਨ ਦੇ ਸਰਕਾਰ ਕੁਰਸੀ ਦੀ ਲੜਾਈ ਵਿਚ ਰੁੱਝੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦੇ ਘਰਾਂ ਵਿਚ ਲੁੱਕ ਜਾਣ ਜਾਂ ਫਿਰ ਦਿੱਲੀ ਭੱਜ ਜਾਣ ਕਾਰਨ ਪੰਜਾਬੀ ਬੇਵਸ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਹੋਰ ਕੁਝ ਨਹੀਂ ਤਾਂ ਕਾਂਗਰਸ ਸਰਕਾਰ ਇਸ ਸੰਕਟ ਦੇ ਵੇਲੇ ਜੰਗਬੰਦੀ ਹੀ ਕਰ ਦਿੰਦੀ। ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ’ਤੇ ਨਕੇਲ ਪਾਉਣ ਅਤੇ ਦਵਾਈਆਂ ਦੀ ਕਾਲਾਬਜ਼ਾਰੀ ਰੋਕਣ ਵਿਚ ਨਾਕਾਮ ਰਹਿਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਬਲਾਕ ਪੱਧਰ ’ਤੇ ਕੋਰੋਨਾ ਕੇਅਰ ਸੈਂਟਰ ਖੋਲ੍ਹੱਣ ਵਿਚ ਵੀ ਨਾਕਾਮ ਰਹੀ ਹੈ ਤੇ ਇਹ ਪੰਜਾਬ ਦੀ ਸਾਰੀ ਆਬਾਦੀ ਨੂੰ ਲਗਾਉਣ ਲਈ ਉਤਪਾਦਕਾਂ ਤੋਂ ਵੈਕਸੀਨ ਖਰੀਦਣ ਵਿਚ ਵੀ ਨਾਕਾਮ ਰਹੀ ਹੈ। 
ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਕੰਮ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਅਸੀਂ ਗਰੀਬ ਤੋਂ ਗਰੀਬ ਤੱਕ ਵੀਪਹੁੰਚ ਕਰਨ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ 35 ਹਲਕਿਆਂ ਵਿਚ 325  ਕੰਸੈਂਟ੍ਰੇਟਰਾਂ ਨਾਲ ਆਕਸੀਜ਼ਨ ਸੇਵਾ ਸ਼ੁਰੂ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ 15 ਕੋਰੋਨਾ ਸੈਂਟਰ ਖੋਲ੍ਹੇ ਹਨ ਅਤੇ 70 ਹਲਕਿਆਂ ਵਿਚ ਲੰਗਰ ਸੇਵਾ ਆਰੰਭੀ ਹੈ। 
ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਹਨਾਂ ਦੀ ਚਲ ਰਹੀ ਹੜਤਾਲ ਖਤਮ ਕਰਨ ਲਈ ਉਹਨਾਂ ਦੀਆਂ ਸੇਵਾਵਾਂ ਤੁਰੰਤ ਨਿਯਮਿਤ ਕਰਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਅਸੀਂ ਸਫਾਈ ਕਰਮਚਾਰੀਆਂ ਨੂੰ ਨਿਯਮਿਤ ਕਰਨ ਦਾ ਕੰਮ ਸ਼ੁਰੂ ਕੀਤਾ ਸੀ ਪਰ ਕਾਂਗਰਸ ਰਾਜਕਾਲ ਵਿਚ ਇਹ ਠੱਪ ਹੋ ਕੇ ਰਹਿ ਗਿਆ। ਉਹਨਾਂ ਕਿਹਾ ਕਿ ਮਹਾਮਾਰੀ ਦੇ ਵੇਲੇ ਹੋਰ ਬਿਮਾਰੀ ਫੈਲਣ ਦੇ ਖ਼ਤਰੇ ਨੂੰ ਵੇਖਦਿਆਂ ਇਹਨਾਂ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। 

Related Articles

Leave a Reply

Your email address will not be published. Required fields are marked *

Back to top button
error: Sorry Content is protected !!