ਸੁਨੀਲ ਜਾਖੜ ਵੱਲੋਂ ਭਾਜਪਾ ਵਿਧਾਇਕ ਅਰੂਣ ਨਾਰੰਗ ਤੇ ਹੋਏ ਹਮਲੇ ਦੀ ਨਿੰਦਾ
ਚੰਡੀਗੜ, 27 ਮਾਰਚ,
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ਤੇ ਅੱਜ ਮਲੋਟ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਲੋਕਤੰਤਰ ਵਿਚ ਇਸ ਤਰਾਂ ਦਾ ਵਿਹਾਰ ਸਹਿਣਯੋਗ ਨਹੀਂ ਹੈ। ਉਨਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਨਾਲ ਕਿਸਾਨ ਅੰਦੋਲਣ ਕਮਜੋਰ ਹੋਵੇਗਾ।
ਜਾਖੜ ਨੇ ਇੱਥੋਂ ਜਾਰੀ ਬਿਆਨ ਵਿਚ ਮਲੋਟ ਵਿਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਸਭ ਨੂੰ ਦੇਸ਼ ਦੇ ਹਰੇਕ ਨਾਗਰਿਕ ਦੇ ਬੋਲਣ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਇਸ ਸਮੇਂ ਕਿਸਾਨ ਅੰਦੋਲਣ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਹੀ ਦਿਸ਼ਾ ਵੱਲ ਜਾ ਰਿਹਾ ਸੀ ਪਰ ਇਸ ਤਰਾਂ ਦੀਆਂ ਘਟਨਾਵਾਂ ਕਿਸਾਨ ਅੰਦੋਲਣ ਲਈ ਘਾਤਕ ਸਿੱਧ ਹੋਣਗੀਆਂ। ਉਨਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰਾਂ ਦੀਆਂ ਗੈਰ ਕਾਨੂੰਨੀ ਕਾਰਵਾਈਆਂ ਤੋਂ ਦੂਰ ਰਹਿਣ ਕਿਉਂਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ।