Punjab

ਮੁੱਖ ਮੰਤਰੀ ਕੈਪਟਨ ਦੇ ਦਰ ’ਤੇ ਰੁਜ਼ਗਾਰ ਮੰਗਣ ਗਏ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ‘ਤੇ ਲਾਠੀਚਾਰਜ਼  

ਮੁੱਖ ਮੰਤਰੀ ਕੈਪਟਨ ਦੇ ਦਰ ’ਤੇ ਰੁਜ਼ਗਾਰ ਮੰਗਣ ਗਏ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ‘ਤੇ ਲਾਠੀਚਾਰਜ਼  

 

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੀਤਾ ਮੋਤੀ ਮਹਿਲ ਦਾ ਘਿਰਾਓ

 

ਬੇਰੁਜ਼ਗਾਰਾਂ ਨੂੰ ਕੁੱਟ-ਕੁੱਟ ਕੇ ਪੁਲੀਸ ਨੇ ਤਿੰਨ ਡਾਂਗਾਂ ਤੋੜੀਆਂ

 

20 ਜੁਲਾਈ ਨੂੰ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਤੈਅ

 

ਪਟਿਆਲਾ, 14 ਜਲਾਈ () ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵੱਲ ਗਏ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਉਤੇ ਅੱਜ ਫਿਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਜਿੱਥੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਲਗਾਤਾਰ ਛੇ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਅਤੇ ਦੂਜੇ ਪਾਸੇ 116 ਦਿਨਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਟਾਵਰ ਦੇ ਉੱਪਰ ਚੜ੍ਹੇ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ।

 

7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈੱਨਲ ਮੀਟਿੰਗ ਵਿੱਚ ਇਹ ਭਰੋਸਾ ਦਿੱਤਾ ਗਿਆ ਸੀ ਕਿ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਪਰ ਅੱਜ ਕੋਈ ਵੀ ਕੈਬਨਿਟ ਮੀਟਿੰਗ ਨਹੀਂ ਹੋਈ ਜਿਸ ਦੇ ਰੋਸ਼ ਵੱਜੋਂ ਬੇਰੁਜ਼ਗਾਰ ਅਧਿਆਪਕ ਸਥਾਨਕ ਲੀਲਾ ਭਵਨ ਵਿਚ ਇਕੱਠੇ ਹੋਏ। ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੀਲਾ ਭਵਨ ਤੋਂ ਰੋਸ਼ ਮਾਰਚ ਸ਼ੁਰੂ ਕੀਤਾ ਗਿਆ। ਜਦੋਂ ਪਟਿਆਲਾ ਪ੍ਰਸ਼ਾਸਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਵਾਈਪੀਐਸ ਚੌਕ ਦੇ ਉਪਰ ਖੜ੍ਹਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਮੇਨ ਵਾਲੇ ਪਾਸੇ ਦੀ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਜਦੋਂ ਬੇਰੁਜ਼ਗਾਰ ਅਧਿਆਪਕ ਮੋਤੀ ਮਹਿਲ ਵੱਲ ਵਧ ਰਹੇ ਸੀ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ ਪਹਿਲਾਂ ਬੈਰੀਗੇਟ ਬੇਰੋਜ਼ਗਾਰ ਅਧਿਆਪਕਾਂ ਨੇ ਉਖਾੜਦੇ ਹੋਏ ਜੋ ਦੂਜੇ ਬੈਰੀਗੇਟ ਤੇ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਉੱਪਰ ਲਾਠੀਚਾਰਜ ਕਰਕੇ ਤਸ਼ੱਦਦ ਢਾਹਿਆ ਗਿਆ। ਇਸ ਲਾਠੀਚਾਰ ਵਿੱਚ ਸੂਬਾ ਪ੍ਰਧਾਨ ਕੰਬੋਜ਼, ਸੰਦੀਪ ਸਾਮਾ, ਜੱਗਾ ਬੋਹਾ, ਪ੍ਰਗਟ ਬੋਹਾ, ਬਲਵਿੰਦਰ ਕਾਕਾ, ਅਮਨ ਸੱਗੂ, ਹਰਪ੍ਰੀਤ ਮਾਨਸਾ, ਪਿੰਕੀ ਕੌਰ, ਗੁਰਮੀਤ ਕੌਰ, ਸੁਰੇਸ਼ ਸੋਨੀ ਮਾਨਸਾ, ਬੱਗਾ ਖਡਾਲ, ਗੁਰਮੀਤ ਕੌਰ ਫ਼ਿਰੋਜ਼ਪੁਰ, ਸਰਬਜੀਤ ਕੌਰ ਫ਼ਿਰੋਜ਼ਪੁਰ, ਹਰਪ੍ਰੀਤ ਕੌਰ ਮਾਨਸਾ, ਬੇਅੰਤ ਕੌਰ ਡੇਲੂਆਣਾ, ਸ਼ਿਵਾਲੀ ਸੰਗਰੂਰ, ਕਰਮਜੀਤ ਕੌਰ ਆਦਿ ਬੇਰੁਜ਼ਗਾਰਾਂ ਦੇ ਸੱਟਾਂ ਲੱਗੀਆਂ। ਪਟਿਆਲਾ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਥੇਬੰਦੀ ਦੀ 20 ਜੁਲਾਈ ਨੂੰ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈੱਨਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕ ਸ਼ਾਂਤ ਹੋਏ।

 

ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕੁਲਦੀਪ ਖੋਖਰ, ਨਿਰਮਲ ਜ਼ੀਰਾ, ਸੁਖਜੀਤ ਨਾਭਾ, ਬਲਵਿੰਦਰ ਨਾਭਾ ਤੇ ਹਰਪ੍ਰੀਤ ਕੌਰ ਮਾਨਸਾ ਨੇ ਕਿਹਾ ਕਿ ਲਗਾਤਾਰ ਦੋ ਮਹੀਨਿਆਂ ਤੋਂ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਨਾ ਮੰਨ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਜਾਣਬੁੱਝ ਕੇ ਲਮਕਾਇਆ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਦੇ ਹੁਣ ਕਿਸੇ ਵੀ ਲਾਰੇ ਵਿਚ ਨਹੀਂ ਆਉਣਗੇ। ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਜਾਰੀ ਰਹਿਣਗੇ।

 

 

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ :-

 

1) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।

 

2) 2364 ਈ.ਟੀ.ਟੀ. ਦੀਆਂ ਅਸਾਮੀਆਂ ਵਿੱਚ ਸਿਰਫ਼ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ।

 

3) ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ।

 

4) ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ।

 

5) ਨੌਕਰੀ ਲਈ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!