Punjab
ਡਿਪਟੀ ਕਮਿਸ਼ਨਰ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 7 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਡਿਪਟੀ ਕਮਿਸ਼ਨਰ ਦਾ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲਾਂ ਨੂੰ ਕਲੀਅਰ ਕਰਨ ਲਈ 100,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ 50,000 ਰੁਪਏ ਵਿੱਚ ਮੁਕੱਰਰ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਨੇ 20,000 ਰੁਪਏ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 20,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।