Punjab
ਵਿਜੀਲੈਂਸ ਨੇ ਏ.ਐਸ.ਆਈ. ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ
ਚੰਡੀਗੜ, 18 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ, ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਫਰਜੰਦ ਲਾਲ ਨੂੰ ਅੰਮ੍ਰਿਤਸਰ ਜਿਲੇ ਦੇ ਪਿੰਡ ਡੱਲਾ ਰਾਜਪੂਤਾਂ ਦੇ ਪ੍ਰਗਟ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਹੈ ਕਿ ਉਸ ਨੇ ਸਥਾਨਕ ਅਦਾਲਤ ਵਿੱਚ ਚੱਲ ਰਹੇ ਇੱਕ ਕੇਸ ਦੇ ਸਬੰਧ ਵਿੱਚ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਾਉਣ ਲਈ ਅਰਜ਼ੀ ਦਿੱਤੀ ਹੈ ਅਤੇ ਏਐਸਆਈ ਉਕਤ ਅਰਜ਼ੀ ਸਬੰਧੀ ਪੁਲਿਸ ਰਿਪੋਰਟ ਅੱਗੇ ਭੇਜਣ ਬਦਲੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਪਰ ਸੌਦਾ ਰੁਪਏ 5000 ਰੁਪਏ ਵਿੱਚ ਤੈਅ ਹੋਇਆ ਹੈ।
ਸ਼ਿਕਾਇਤਕਰਤਾ ਦੀ ਜਾਣਕਾਰੀ ਦੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਹਰਕਤ ਵਿੱਚ ਆਈ ਅਤੇ ਮੁਲਜ਼ਮ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਉੱਤੇ ਹੀ ਗ੍ਰਿਫਤਾਰ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।