ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ
ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ
ਸਿੱਖਿਆ ‘ਚ ਮਿਆਰੀ ਸੁਧਾਰਾਂ ਤੇ ਪਹਿਲਕਦਮੀਆਂ ਸਦਕਾ ਪੰਜਾਬ ਬਣਿਆ ਸਕੂਲੀ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਸੂਬਾ: ਸਿੱਖਿਆ ਮੰਤਰੀ
ਚੰਡੀਗੜ੍ਹ, 17 ਸਤੰਬਰ:
ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਲਈ ਵਿਸ਼ੇਸ਼ ਆਨਲਾਈਨ ਮਡਿਊਲ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲਾਂ ਦੀ ਰੈਗੂਲਰ ਕਿਰਿਆਵਾਂ ਦੇ ਸੰਬੰਧ ਵਿੱਚ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਅਤੇ ਅਧਿਆਪਕਾਂ ਨੂੰ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਨੂੰ ਸੂਚੀਬੱਧ ਕਰਕੇ ਆਨਲਾਈਨ 5-5 ਮਡਿਊਲ ਤਿਆਰ ਕੀਤੇ ਗਏ ਹਨ। ਇਨ੍ਹਾਂ ਮਡਿਊਲਾਂ ਵਿੱਚ ਆਬਜੈਕਟਿਵ ਜਵਾਬਾਂ ਵਾਲੇ ਸਵਾਲ ਹਨ ਜਿਨ੍ਹਾਂ ਨੂੰ ਅਧਿਆਪਕ ਬਹੁਤ ਹੀ ਰੌਚਕ ਢੰਗ ਨਾਲ ਹੱਲ ਕਰ ਸਕਣਗੇ।
ਸ੍ਰੀ ਸਿੰਗਲਾ ਨੇ ਇਨ੍ਹਾਂ ਮਡਿਊਲ ਨੂੰ ਆਨਲਾਈਨ ਜਾਰੀ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ।
ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਈਸ਼ਾ ਕਾਲੀਆ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।