ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਪਨਗਰੇਨ ਖਰੀਦ ਕਰਨ ਵਿਚ ਮੋਹਰੀ
ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਪਨਗਰੇਨ ਖਰੀਦ ਕਰਨ ਵਿਚ ਮੋਹਰੀ
151903 ਮੀਟਰਕ ਟਨ ਕਣਕ ਦੀ ਆਮਦ ਵਿਚੋਂ 139644 ਮੀਟਰਕ ਟਨ ਦੀ ਖਰੀਦ-43 ਫੀਸਦ ਚੁਕਾਈ
ਗੁਰਦਾਸਪੁਰ, 20 ਅਪ੍ਰੈਲ ( ) ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ। ਜ਼ਿਲੇ ਅੰਦਰ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਬਾਰੇ ਗੱਲ ਕਰਦਿਆਂ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਮੰਡੀਆਂ ਵਿਚ ਫਸਲ ਦੇ ਸੁਚਾਰੂ ਕੰਮਕਾਜ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਅਤੇ ਸਰਕਾਰ ਦੀਆਂ ਹਦਾਇਤਾਂ ਤਹਿਤ ਫਸਲ ਦੀ ਖਰੀਦ ਤੇ ਚੁਕਾਈ ਵਿਚ ਕੋਈ ਢਿੱਲਮੱਠ ਨਹੀਂ ਵਰਤੀ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਅਪ੍ਰੈਲ ਤਕ 151903 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 139644 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 50515 ਮੀਟਰਕ ਟਨ, ਮਾਰਕਫੈੱਡ ਵਲੋਂ 31579, ਪਨਸਪ ਵਲੋਂ 30798, ਵੇਅਰਹਾਊਸ ਵਲੋਂ 19445 ਅਤੇ ਐਫ.ਸੀ.ਆਈ ਵਲੋਂ 7307 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖਰੀਦ ਪ੍ਰਕਿਰਿਅਆ ਵਿਚ ਪਨਰੇਗਨ ਮੋਹਰੀ ਏਜੰਸੀ ਹੈ, ਜਿਸ ਵਲੋਂ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਕਰੀਬ 7 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ ਚੱਲ ਰਹੇ ਹਫਤੇ ਦੌਰਾਨ ਮੰਡੀਆਂ ਵਿਚ ਸਾਰੀ ਫਸਲ ਪਹੁੰਚ ਜਾਣ ਦੀ ਉਮੀਦ ਹੈ ਅਤੇ ਪੰਜਾਬ ਦੀਆਂ ਖਰੀਦ ਏਜੰਸੀਆਂ ਨੂੰ ਅਲਾਟ ਕੀਤੀਆਂ ਗਈਆਂ ਮੰਡੀਆਂ ਵਿਚ ਖਰੀਦ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਖਰੀਦ ਪ੍ਰਬੰਧਾਂ ਤੋਂ ਕਿਸਾਨ ਵਰਗ ਸੰਤੁਸ਼ਟੀ ਜ਼ਾਹਰ ਕਰ ਰਿਹਾ ਹੈ। ਮੰਡੀਆਂ ਵਿਚ ਕਿਸਾਨਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਵੀ ਆਪਣੀ ਫਸਲ ਵੇਚਣ ਵਿਚ ਕੋਈ ਦਿੱਕਤ ਮਹਿਸੂਸ ਨਹੀਂ ਹੋਈ ਹੈ ਅਤੇ ਕੋਰੋਨਾ ਬਿਮਾਰੀ ਵਿਰੁੱਧ ਜਾਰੀ ਗਾਈਡਲਾਈਨਜ਼ ਤਹਿਤ ਸਮੁੱਚੀ ਖਰੀਦ ਪ੍ਰਕਿਰਿਆ ਚੱਲ ਰਹੀ ਹੈ।
ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਲੋੜੀਦੇ ਪ੍ਰਬੰਧ ਕੀਤੇ ਗਏ ਹਨ ਅਤੇ ਉਨਾਂ ਨੂੰ ਕੋਵਿਡ-19 ਮਹਾਂਮਾਰੀ ਤੋ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਕੋਵਿਡ-19 ਤੋਂ ਬਚਾਅ ਲਈ ਵੀ ਵਿਸ਼ੇਸ ਪ੍ਰਬੰਧਾਂ ਤਹਿਤ ਮਾਸਕ ਤੇ ਸ਼ੈਨੀਟਾਇਜ਼ਰ ਮੁਹੱਈਆ ਕਰਵਾਏ ਜਾ ਰਹੇ ਹਨ ਤੇ ਪੀਣ ਲਈ ਸਾਫ਼ ਪਾਣੀ ਆਦਿ ਦੇ ਵਧੀਆਂ ਪ੍ਰਬੰਧ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ ਅਤੇ ਮੰਡੀਆਂ ਵਿਚ ਆਉਣ ਸਮੇਂ ਸਰਕਾਰ ਵਲੋਂ ਕੋਵਿਡ-19 ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਲਾਜ਼ਮੀ ਬਣਾਉਣ।