
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ
ਚੰਡੀਗੜ੍ਹ,23ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੇ ਵਫਦ ਨੇ ਅੱਜ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ) ਐਸ ਐਸ ਸਾਰੋਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ 31 ਮਾਰਚ ਤੱਕ ਵਧਾਉਣ ਅਤੇ ਸਾਰੀਆਂ ਜਾਅਲੀ ਵੋਟਾਂ ਖ਼ਤਮ ਕਰਵਾਉਣ ਦੀ ਅਪੀਲ ਕੀਤੀ।
ਮੁੱਖ ਕਮਿਸ਼ਨਰ ਨੂੰ ਮੰਗ ਪੱਤਰ ਪੇਸ਼ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਜਸਟਿਸ ਸਾਰੋਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਬੂਥ ਪੱਧਰੀ ਅਫਸਰਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਉਹ ਵੋਟਰ ਸੂਚੀਆਂ ਵਿਚੋਂ ਵੱਡੀ ਪੱਧਰ ’ਤੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਜਿਸ ਕਾਰਣ ਹਜ਼ਾਰਾਂ ਗੈਰ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟ ਦਾ ਅਧਿਕਾਰ ਮਿਲ ਗਿਆ ਹੈ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਅਣਗਿਣਤੀ ਸਹੀ ਵੋਟਾਂ ਕੱਟ ਦਿੱਤੀਆਂ ਗਈਆਂ ਹਨ ਤੇ ਜਾਅਲੀ ਬਣਾਈਆਂ ਗਈਆਂ ਹਨ ਜਿਸਦਾ ਮਕਸਦ ਕਿਸੇ ਵੀ ਤਰੀਕੇ ਸ਼੍ਰੋਮਣੀ ਕਮੇਟੀ ’ਤੇ ਕਬਜ਼ਾ ਕਰਨਾ ਹੈ। ਬਾਦਲ ਨੇ ਮੁੱਖ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਵੋਟਰ ਸੂਚੀਆਂ ਦੀ ਸਮੀਖਿਆ ਲਈ ਹਦਾਇਤਾਂ ਜਾਰੀ ਕਰਨ ਤਾਂ ਜੋ ਜਾਅਲੀ ਵੋਟਾਂ ਕੱਟੀਆਂ ਜਾ ਸਕਣ।
ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਨਵੀਂਆਂ ਵੋਟਾਂ ਬਣਾਉਣ ਲਈ ਮਿਆਦ ਵਧਾਈ ਜਾਵੇ ਕਿਉਂਕਿ ਬਹੁ ਵੱਡੀ ਗਿਣਤੀ ਵਿਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਹਾਲੇ ਬਾਕੀ ਹੈ। ਸਰਦਾਰ ਬਾਦਲ ਨੇ ਹਿਮਾਚਲ ਪ੍ਰਦੇਸ਼ ਦੀ ਵੀ ਉਦਾਹਰਣ ਦਿੱਤੀ ਜਿਥੇ ਹਾਲੇ ਤੱਕ ਵੋਟਰ ਸੂਚੀਆਂ ਬਣਾਈਆਂ ਹੀ ਨਹੀਂ ਗਈਆਂ।
ਬਾਅਦ ਵਿਚ ਮੰਗ ਪੱਤਰ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੈ ਕਿਹਾ ਕਿ ਅਕਾਲੀ ਦਲ ਚਾਹੁੰਦਾ ਹੈ ਕਿ ਸਿਰਫ ਅਸਲ ਹੱਕਦਾਰ ਵੋਟਰਾਂ ਦੀ ਰਜਿਸਟਰੇਸ਼ਨ ਹੋਵੇ ਪਰ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਇਸ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਕਰ ਰਹੀ ਹੈ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਜਿਹੜੇ ਹਜ਼ਾਰਾਂ ਗੈਰ ਸਿੱਖਾਂ ਜਿਹਨਾਂ ਨੇ ਰਜਿਸਟਰੇਸ਼ਨ ਲਈ ਅਪਲਾਈ ਵੀ ਨਹੀਂ ਕੀਤਾ, ਉਹਨਾਂ ਨੂੰ ਵੀ ਵੋਟਰ ਬਣਾ ਕੇ ਵੋਟਾਂ ਪਾਉਣ ਦਾ ਅਧਿਕਾਰ ਦੇ ਦਿੱਤਾ ਗਿਆ ਹੈ।
ਉਹਨਾਂ ਨੇ ਦੱਸਿਆ ਕਿ ਵਫਦ ਨੇ ਮੁੱਖ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਹਰ ਸਿੱਖ ਲਈ ਨਾਂ ਪਿੱਛੇ ਸਿੰਘ ਜਾਂ ਕੌਰ ਲਿਖਣਾ ਲਾਜ਼ਮੀ ਹੁੰਦਾ ਹੈ। ਉਹਨਾਂ ਕਿਹਾ ਕਿ ਅਸੀਂ ਕਮਿਸ਼ਨਰ ਨੂੰ ਵੋਟਰ ਸੂਚੀਆਂ ਸੌਂਪੀਆਂ ਹਨ ਜਿਹਨਾਂ ਵਿਚ ਸਿੱਖ ਰਹਿਤ ਮਰਿਆਦਾ ਅਨੁਸਾਰ ਵਿਅਕਤੀਆਂ ਦੇ ਨਾਂ ਨਹੀਂ ਹਨ ਪਰ ਉਹ ਵੋਟਰ ਬਣੇ ਹੋਏ ਹਨ।
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਸਰਕਾਰ ਨੂੰ ਹਦਾਇਤ ਦੇਣ ਕਿ ਵੋਟਰਾਂ ਦੀ ਰਜਿਸਟਰੇਸ਼ਨ ਲਈ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਣ। ਵਫਦ ਵਿਚ ਹੀਰਾ ਸਿੰਘ ਗਾਬੜੀਆ, ਅਮਰਜੀਤ ਸਿੰਘ ਚਾਵਲਾ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।